ਇਸ ਦਿਨ ਤੋਂ ਸ਼ੁਰੂ ਹੋਏਗੀ ਝੋਨੇ ਦੀ ਸਰਕਾਰੀ ਖ਼ਰੀਦ

ਚੰਡੀਗੜ੍ਹ, 20 ਸਤੰਬਰ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖ਼ਰੀਦ ਕਰਨ ਦੇ ਉਦੇਸ਼ ਨਾਲ ਤਿਆਰੀਆਂ ਦਾ ਜਾਇਜ਼ਾ ਲਿਆ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ | ਫੌਰੀ ਖ਼ਰੀਦ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਪਹਿਲੇ ਦਿਨ ਤੋਂ ਹੀ ਝੋਨੇ ਦੀ ਖ਼ਰੀਦ, ਚੁਕਾਈ ਅਤੇ ਵੇਚੀ ਗਈ ਫਸਲ ਦੀ ਕਿਸਾਨਾਂ ਨੂੰ ਅਦਾਇਗੀ ਕਰਨ ਦੇ ਹੁਕਮ ਦਿੱਤੇ ਹਨ | ਉਨ੍ਹਾਂ ਕਿਸੇ ਕਿਸਾਨ ਨੂੰ ਕੋਈ ਵੀ ਮੁਸ਼ਕਿਲ ਪੇਸ਼ ਆਉਣ ‘ਤੇ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ | ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ ਤੇ ਭਾਰਤੀ ਖੁਰਾਕ ਨਿਗਮ (ਐਫ. ਸੀ. ਆਈ.) ਨੂੰ ਆਗਾਮੀ ਸੀਜ਼ਨ ‘ਚ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੇ ਹੁਕਮ ਦਿੱਤੇ | ਉਨ੍ਹਾਂ ਤਸੱਲੀ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਨੇ ਖ਼ਰੀਦ ਸੀਜ਼ਨ ਲਈ ਢੁਕਵੇਂ ਬਾਰਦਾਨੇ ਦਾ ਪਹਿਲਾਂ ਹੀ ਬੰਦੋਬਸਤ ਕੀਤਾ ਹੋਇਆ ਹੈ ਅਤੇ ਸਾਰੀਆਂ ਮੰਡੀਆਂ ‘ਚ ਇਸ ਦੀ ਲੋੜੀਂਦੀ ਸਪਲਾਈ ਕਰਨ ਦੇ ਆਦੇਸ਼ ਦਿੱਤੇ | ਦੱਸਣਯੋਗ ਹੈ ਕਿ ਮੰਡੀ ਬੋਰਡ ਨੇ ਸੂਬੇ ਭਰ ‘ਚ 1804 ਖ਼ਰੀਦ ਕੇਂਦਰ ਨੋਟੀਫਾਈ ਕੀਤੇ ਹੋਏ ਹਨ | ਮੰਡੀਆਂ ‘ਚ ਝੋਨੇ ਦੇ ਅੰਬਾਰ ਲੱਗ ਜਾਣ ਦੀ ਸਥਿਤੀ ਤੋਂ ਬਚਣ ਲਈ ਫਸਲ ਖ਼ਰੀਦਣ ਲਈ ਆਰਜ਼ੀ ਖ਼ਰੀਦ ਕੇਂਦਰਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੀਂਹ ਕਾਰਨ ਮੰਡੀਆਂ ‘ਚ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਅਤੇ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੇ ਖ਼ਰੀਦ ਕਾਰਜਾਂ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਨਿਰਧਾਰਤ ਸੰਚਾਲਨ ਪ੍ਰਣਾਲੀ (ਐਸ.ਓ.ਪੀ.) ਵਿਕਸਤ ਕਰਨ ਦੇ ਹੁਕਮ ਦਿੱਤੇ | ਵਿਭਾਗ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸੂਬੇ ‘ਚ ਜ਼ਮੀਨ ਦਾ ਰਿਕਾਰਡ ਅਨਾਜ ਖ਼ਰੀਦ ਪੋਰਟਲ ਨਾਲ ਜੋੜ ਦਿੱਤਾ ਗਿਆ ਹੈ | ਮੰਤਰੀ ਮੰਡਲ ਵਲੋਂ ਮਨਜ਼ੂਰ ਕੀਤੀ ਪੰਜਾਬ ਕਸਟਮ ਮਿਲਿੰਗ ਪਾਲਿਸੀ 2022-23 ਦੇ ਤਹਿਤ ਸਾਰੀਆਂ ਚੌਲ ਮਿੱਲਾਂ ‘ਚ ਮਿੱਲਾਂ ਦੀ ਈ-ਵੈਰੀਫਿਕੇਸ਼ਨ (ਪ੍ਰਮਾਣਿਕਤਾ) ਕੀਤੀ ਜਾ ਰਹੀ ਹੈ ਤਾਂ ਕਿ ਇਸ ਨੀਤੀ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਸਕੇ | ਇਸ ਤਹਿਤ ਹੁਣ ਤੱਕ 3854 ਮਿੱਲਾਂ ਦੀ ਆਨਲਾਈਨ ਤਸਦੀਕ ਕੀਤੀ ਜਾ ਚੁੱਕੀ ਹੈ | ਇਸੇ ਤਰ੍ਹਾਂ ਐਫ.ਸੀ.ਆਈ. ਨੂੰ ਝੋਨੇ ਨੂੰ ਸਪਲਾਈ, ਅਦਾਇਗੀ, ਮੌਕੇ ‘ਤੇ ਜਾ ਕੇ ਤਸਦੀਕ ਕਰਨ ਅਤੇ ਰਜਿਸਟ੍ਰੇਸ਼ਨ ਨਾਲ ਸੰਬੰਧਿਤ ਸਾਰੀਆਂ ਪ੍ਰਕਿਰਿਆਵਾਂ ਨੂੰ ਆਨਲਾਈਨ ਵਿਧੀ ‘ਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਬਹੁਤੀਆਂ ਪ੍ਰਕਿਰਿਆਵਾਂ ਚਿਹਰਾ-ਰਹਿਤ ਹੋ ਚੁੱਕੀਆਂ ਹਨ |

Leave a Reply

Your email address will not be published. Required fields are marked *