ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ..ਇਹ ਕੀਤੀ ਮੰਗ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਰੀਵਿਊ ਪਟੀਸ਼ਨ ਪਾਉਣ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਤਰ੍ਹਾਂ ਦੀ ਸੋਧ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਦੀਆਂ ਸਿਫਾਰਸ਼ਾਂ ਸਹਿਤ ਕੇਵਲ ਭਾਰਤ ਸਰਕਾਰ ਪਾਸ ਹੈ, ਜਿਸ ਤਹਿਤ ਇਸ ਐਕਟ ਵਿਚ ਸੂਬਾ ਸਰਕਾਰਾਂ ਕੋਈ ਦਖ਼ਲ ਨਹੀਂ ਦੇ ਸਕਦੀਆਂ।ਹਰਿਆਣਾ ਸਰਕਾਰ ਵੱਲੋਂ ਵੱਖਰੀ ਗੁਰਦੁਆਰਾ ਕਮੇਟੀ ਸਬੰਧੀ ਬਣਾਇਆ ਗਿਆ ਐਕਟ ਗੈਰ-ਸੰਵਿਧਾਨਕ ਹੈ, ਜਿਸ ਦੀ ਮਾਨਤਾ ਤੁਰੰਤ ਰੱਦ ਕੀਤੀ ਜਾਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਉਕਤ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਅੰਦਰ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸੰਸਦ ਅੰਦਰ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਆਰਡੀਨੈਂਸ ਪਾਸ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ 1920 ਵਿਚ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਅਤੇ ਇਸ ਦੀ ਸਥਾਪਨਾ ਨਾਲ ਹੀ ਭਾਰਤ ਦੀ ਆਜ਼ਾਦੀ ਦਾ ਮੁੱਢ ਬੱਝਾ ਸੀ। ਇਸ ਸੰਵਿਧਾਨਕ ਸੰਸਥਾ ਨੂੰ ਤੋੜਨ ਦੀ ਕਾਰਵਾਈ ਕਿਸੇ ਤਰ੍ਹਾਂ ਪ੍ਰਵਾਨ ਨਹੀਂ ਕੀਤੀ ਜਾ ਸਕਦੀ।ਉਨ੍ਹਾਂ ਕਿਹਾ ਕਿ ਵੱਖਰੀ ਹਰਿਆਣਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਨਾਲ ਸ਼੍ਰੋਮਣੀ ਕਮੇਟੀ ਨੂੰ ਵੱਡੀ ਢਾਹ ਲੱਗੀ ਹੈ। ਇਸ ਫੈ਼ਸਲੇ ਨਾਲ ਹਰਿਆਣਾ ਦੇ ਸਿੱਖਾਂ ਨੂੰ ਇਕ ਕੇਂਦਰੀ ਸਿੱਖ ਸੰਸਥਾ ਨਾਲੋਂ ਤੋੜ ਦਿੱਤਾ ਗਿਆ ਹੈ। ਇਸ ਫ਼ੈਸਲੇ ਨਾਲ ਸਿੱਖ ਕੌਮ ਆਪਣੇ ਆਪ ਨੂੰ ਵੰਡਿਆ ਹੋਇਆ ਮਹਿਸੂਸ ਕਰ ਰਹੀ ਹੈ ਅਤੇ ਇਹ ਸਿੱਧੇ ਤੌਰ ’ਤੇ ਇਕਪੱਖੀ ਤੇ ਸਿਆਸਤ ਤੋਂ ਪ੍ਰੇਰਿਤ ਫ਼ੈਸਲਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਐਕਟ ਦੀ ਸ਼ੁਰੂਆਤ ਹਰਿਆਣਾ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਰਾਜਸੀ ਹਿੱਤਾਂ ’ਚੋਂ ਨਿਕਲੀ ਹੈ, ਜਿਸ ਨੂੰ ਮਾਨਤਾ ਦੇਣ ਲਈ ਸੁਪਰੀਮ ਕੋਰਟ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਬਿਲਕੁਲ ਨਜ਼ਰਅੰਦਾਜ਼ ਕੀਤਾ ਹੈ।

Leave a Reply

Your email address will not be published. Required fields are marked *