ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਲਾਤੀਨਾ ਵਿਖੇ ਮਨਾਇਆ ਗਿਆ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਆਗਮਨ ਪੁਰਬ ਜਿੱਥੇ ਪੂਰੀ ਦੁਨੀਆ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਉਤਸ਼ਾਹ, ਭਾਵਨਾ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ। ਉਥੇ ਇਟਲੀ ਦੇ ਸ਼ਹਿਰ ਅਪ੍ਰੀਲੀਆ (ਲਾਤੀਨਾ) ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਵਿਖੇ ਵੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਨਾਇਆ ਗਿਆ।

ਇਲਾਹੀ ਬਾਣੀ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਜੀਤ ਸਿੰਘ, ਭਾਈ ਵਿਕਰਮਜੀਤ ਸਿੰਘ,ਭਾਈ ਕੁਲਦੀਪ ਸਿੰਘ ਅਤੇ ਭਾਈ ਨਵਪ੍ਰੀਤ ਸਿੰਘ ਦੇ ਕੀਰਤਨੀਏ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਅਤੇ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਗੁਰਨੂਰ ਸਿੰਘ ਅਤੇ ਸੀਰਤ ਕੌਰ ਨਾਮ ਦੇ ਬੱਚਿਆਂ ਵਲੋਂ ਆਪਣੀ ਸੁਰੀਲੀ ਅਵਾਜ਼ ਵਿੱਚ ਕੀਰਤਨ ਕੀਤਾ ਗਿਆ।

ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ। ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ੀਸ਼ ਸਿਰੋਪਾਓ ਸਾਹਿਬ ਭੇਂਟ ਕੀਤੇ ਗਏ।

Leave a Reply

Your email address will not be published. Required fields are marked *